ਤੇਜਲ ਗਿਆਨ ਚੰਡੀਗੜ੍ਹ:
ਉੱਘੇ ਸਿੱਖ ਕਿਸਾਨ ਆਗੂ, ਆਲ ਇੰਡੀਆ ਜੱਟ ਮਹਾਂਸਭਾ ਦੀ ਚੰਡੀਗੜ੍ਹ ਇਕਾਈ ਦੇ ਪ੍ਰਧਾਨ ਅਤੇ ਮਹਾਂਸਭਾ ਦੇ ਰਾਸ਼ਟਰੀ ਡੈਲੀਗੇਟ ਸ. ਰਾਜਿੰਦਰ ਸਿੰਘ ਬਡਹੇੜੀ ਨੇ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਾਏ ਜਾਣ ’ਤੇ ਸ. ਨਵਜੋਤ ਸਿੰਘ ਸਿੱਧੂ ਨੂੰ ਮੁਬਾਰਕਬਾਦ ਦਿੱਤੀ ਹੈ। ਅੱਜ ਪ੍ਰੈੱਸ ਨੂੰ ਬਿਆਨ ਜਾਰੀ ਕਰਦਿਆਂ ਸ. ਬਡਹੇੜੀ ਨੇ ਕਿਹਾ ਕਿ ਉਹ ਪਹਿਲਾਂ ਹੀ ਚਾਹੁੰਦੇ ਸਨ ਕਿ ਸੂਬਾ ਕਾਂਗਰਸ ਦੀ ਵਾਗਡੋਰ ਕਿਸੇ ਜੱਟ ਸਿੱਖ ਨੂੰ ਸੌਂਪੀ ਜਾਵੇ। ਉਨ੍ਹਾਂ ਦੱਸਿਆ ਕਿ ਕੁਝ ਸਮਾਂ ਪਹਿਲਾਂ ਉਹ ਕਾਂਗਰਸ ਦੇ ਪੰਜਾਬ ਨਾਲ ਸਬੰਧਤ ਮਾਮਲਿਆਂ ਦੇ ਇੰਚਾਰਜ ਸ੍ਰੀ ਹਰੀਸ਼ ਰਾਵਤ ਨੂੰ ਮਿਲੇ ਸਨ ਤੇ ਉਨ੍ਹਾਂ ਤਦ ਵੀ ਇਹੋ ਮੰਗ ਉਨ੍ਹਾਂ ਸਾਹਵੇਂ ਰੱਖੀ ਸੀ ਕਿ ਪੰਜਾਬ ਕਾਂਗਰਸ ਦੀ ਕਮਾਂਡ ਕਿਸੇ ਜੱਟ ਸਿੱਖ ਆਗੂ ਹਵਾਲੇ ਕੀਤੀ ਜਾਵੇ।
ਸ. ਬਡਹੇੜੀ ਨੇ ਕਿਹਾ ਕਿ ਸ. ਨਵਜੋਤ ਸਿੰਘ ਸਿੱਧੂ ਦੀ ਪਤਨੀ ਡਾ. ਨਵਜੋਤ ਕੌਰ ਸਿੱਧੂ ਪਹਿਲਾਂ ਹੀ ਆਲ ਇੰਡੀਆ ਜੱਟ ਸਿੱਖ ਮਹਾਂਸਭਾ ਦੀ ਪੰਜਾਬ ਇਕਾਈ ਦੇ ਮਹਿਲਾ ਵਿੰਗ ਦੇ ਪ੍ਰਧਾਨ ਹਨ। ਉਨ੍ਹਾਂ ਕਿਹਾ ਕਿ ਹੁਣ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਨਵਜੋਤ ਸਿੱਧੂ ਹੁਰਾਂ ਨੂੰ ਆਪਸੀ ਮਤਭੇਦ ਭੁਲਾ ਕੇ ਪਾਰਟੀ ਦੀ ਇੱਕਜੁਟਤਾ ਲਈ ਕੰਮ ਕਰਨਾ ਚਾਹੀਦਾ ਹੈ।
ਸ. ਬਡਹੇੜੀ ਨੇ ਕਿਹਾ ਕਿ ਹੁਣ ਕਾਂਗਰਸ ਪਾਰਟੀ ਦੇ ਹੋਰ ਸੀਨੀਅਰ ਆਗੂਆਂ ਪ੍ਰਤਾਪ ਸਿੰਘ ਬਾਜਵਾ ਅਤੇ ਸ਼ਮਸ਼ੇਰ ਸਿੰਘ ਦੁਲੋਂ ਨੂੰ ਵੀ ਸਹੀ ਤਰੀਕੇ ਐਡਜਸਟ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਧਾਨ ਸਭਾ ਚੋਣਾਂ–2022 ਲਈ ਹੁਣੇ ਤੋਂ ਕਮਰ ਕੱਸਣੀ ਹੋਵੇਗੀ, ਕੇਵਲ ਤਦ ਹੀ ਬਾਦਲਾਂ ਦੇ ਅਕਾਲੀ ਦਲ ਤੇ ਭਾਜਪਾ ਨੂੰ ਹਰਾਇਆ ਜਾ ਸਕੇਗਾ।